ਚੰਡੀਗੜ੍ਹ ( ਹਿਨਾ ) ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਵਿਸਾਖੀ ਮੌਕੇ ਸਿੱਖ ਕੌਮ ਦਾ ਇਕੱਠ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਕੋਵਿਡ-19 ਸੰਕਟ ਦੇ ਚੱਲਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਹਤਿਆਤ ਵਜੋਂ ਸਰੀਰਕ ਵਿੱਥ ਨੂੰ ਜ਼ਰੂਰੀ ਬਣਾਏ ਰੱਖਣਾ ਹੀ ਇਸ ਖ਼ਤਰਨਾਕ ਮਹਾਂਮਾਰੀ ਦਾ ਇੱਕੋ-ਇੱਕ ਇਲਾਜ ਤੇ ਪਰਹੇਜ਼ ਹੈ।
ਸੁਖਜਿੰਦਰ ਰੰਧਾਵਾ ਨੇ ਜਥੇਦਾਰ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ, ਹਮੇਸ਼ਾ ਵਾਂਗ ਕੌਮ ਦੀ ਅਗਵਾਈ ਕਰਦੇ ਹੋਏ ਆਪ ਸਿੱਖ ਕੌਮ ਨੂੰ ਇਸ ਵਾਰ ਇੱਕਤਰ ਨਾ ਹੋਣ ਅਤੇ ਆਪਣੇ ਘਰਾਂ ਵਿੱਚ ਰਹਿ ਕੇ ਕੌਮ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਦੋ ਡੰਗ ਦੀ ਰੋਟੀ ਤੋਂ ਮੁਥਾਜ ਲੋਕਾਂ ਦੀ ਮਦਦ ਕਰਨ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੰਦੇਸ਼ ਦਿਓ ਤਾਂ ਕਿ ਮਨੁੱਖਤਾ ਨੂੰ ਇਸ ਸੰਕਟ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।